ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਫਸਲ ਘੱਟ ਭਾਅ ‘ਤੇ ਖਰੀਦਣ ਵਾਲਿਆਂ ਨੂੰ ਤਾੜਨਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਇਸ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਹੀ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਹੋਈ ਫ਼ਸਲ MSP ‘ਤੇ ਹੀ ਵਿਕੇਗੀ। MSP ਤੋਂ ਘੱਟ ਰੇਟ ‘ਤੇ ਫਸਲ ਵੇਚਣ ਲਈ ਮਜ਼ਬੂਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀ ਵਿੱਚ 185 ਲੱਖ ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਕਰੀਬ 18.31 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 16.37 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਲਵਾਈ ਲੇਟ ਹੋਈ ਸੀ, ਜਿਸ ਕਾਰਨ ਮੌਜੂਦਾ ਸਮੇਂ ਥਾਂ ਦੀ ਸਮੱਸਿਆ ਪੈਦਾ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਕੋਲ ਇਹ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਮਾਰਚ 2025 ਤੱਕ 120 ਲੱਖ ਮੀਟਰਿਕ ਟਨ ਝੋਨਾ ਸੂਬੇ ਤੋਂ ਤਬਦੀਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਨਾਜ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਚੁਕਾਈ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਕਿਸਾਨ ਦੀਵਾਲੀ ਦਾ ਤਿਉਹਾਰ ਮੰਡੀਆਂ ਵਿੱਚ ਨਹੀਂ ਮਨਾਏਗਾ।