ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਰਾਲ਼ੀ ਪ੍ਰਬੰਧਾਂ ਨੂੰ ਲੈਕੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਆਉਣ ਵਾਲੇ ਦਿਨਾਂ ‘ਚ ਪਰਾਲ਼ੀ ਦੇ ਮਸਲੇ ਨੂੰ ਲੈਕੇ ਕਿਸਾਨਾਂ ਨੂੰ ਜਾਗਰੂਕ ਕਰਨ ਨੂੰ ਲੈਕੇ ਚਰਚਾ ਹੋਈ। ਮੁੱਖ ਮੰਤਰੀ ਨੇ ਸਾਰੇ DCs ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਾਈ ਜਾਵੇਗੀ, ਜਿਸ ਲਈ ‘ਉੱਨਤ ਕਿਸਾਨ’ ਐਪ ਲਾਂਚ ਕੀਤੀ ਗਈ ਹੈ।
ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਕੈਬਨਿਟ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦਾ ਕਿਸਾਨ ਲਗਾਤਾਰ ਜਾਗਰੂਕ ਹੋ ਰਿਹਾ ਹੈ ਤੇ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਘੱਟ ਰਹੀਆ ਨੇ ਤੇ ਹੋਰ ਵੀ ਘਟਾਵਾਂਗੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪਰਾਲ਼ੀ ਪ੍ਰਬੰਧਾਂ ਨੂੰ ਲੈਕੇ ਹੋਈ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡਾਕਟਰਾਂ ਵੱਲੋਂ ਰੋਕੇ ਜਾਣ ਦੇ ਬਾਵਜੂਦ ਕਿਸਾਨਾਂ ਦੀ ਭਲਾਈ ਲਈ ਆਪਣੀ ਸਿਹਤ ਦੀ ਪ੍ਰਵਾਹ ਨਾ ਕਰਦਿਆਂ ਮੁੱਖ ਮੰਤਰੀ ਨੇ ਝੋਨੇ ਦੀ ਪਰਾਲੀ ਦੇ ਉੱਚਿਤ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ । ਖੇਤੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾਂਭਣ ਲਈ ਹੈਪੀ ਸੀਡਰਾਂ ਤੋਂ ਲੈ ਕੇ ਬੇਲਰਾਂ ਤੱਕ 14 ਲੱਖ ਤੋਂ ਵੱਧ ਮਸ਼ੀਨਾਂ ਕੰਮ ਕਰ ਰਹੀਆਂ ਹਨ। ਪੇਡਾ ਰਾਂਹੀ 31,000 ਏਕੜ ‘ਚੋਂ ਪੈਦਾ ਹੋਈ ਪਰਾਲੀ ਵੱਖ-ਵੱਖ ਕਾਰਖਾਨਿਆਂ ਨੂੰ ਮੁਹੱਈਆ ਕਰਵਾ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਫਾਲਤੂ ਝੋਨੇ ਦੀ ਪਰਾਲੀ ਪਸ਼ੂਆਂ ਦੇ ਚਾਰੇ ਲਈ ਰਾਜਸਥਾਨ ਨੂੰ ਵੀ ਭੇਜੀ ਜਾਏਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ‘ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਉੱਪਰ ਅਮਲ ਕਰਨਾ ਚਾਹੀਦਾ ਹੈ ਅਤੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸਾਰਿਆਂ ਨੂੰ ਰਲ ਕੇ ਯਤਨ ਕਰਨੇ ਚਾਹੀਦੇ ਹਨ।