ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਬਿਲਕੁਲ ਠੀਕ ਹੈ, ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਹਸਪਤਾਲ ਵਿਚੋਂ ਛੁੱਟੀ ਮਿਲਦੇ ਹੀ ਭਗਵੰਤ ਮਾਨ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ।ਅੱਜ ਸ਼ਾਮ ਪੰਜ ਵਜੇ ਮੁੱਖ ਮੰਤਰੀ ਨਿਵਾਸ ਉਤੇ ਬੁਲਾਈ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਡੀਆਂ ‘ਚ ਖਰੀਦ ਦੇ ਮੁੱਦੇ ‘ਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜ਼ਾਇਜਾ ਲਿਆ ਹੈ।
ਮੁੱਖ ਮੰਤਰੀ ਨੇ ਝੋਨੇ ਦੀ ਸਰਕਾਰੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਆਪਣੀ ਰਿਹਾਇਸ਼ ‘ਤੇ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਸਰਕਾਰ ਵੱਲੋਂ ਖਰੀਦ ਨੂੰ ਲੈਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਉਨ੍ਹਾਂ ਕਿਹਾ, “ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ,ਦਾਣਾ-ਦਾਣਾ ਚੁੱਕਿਆ ਜਾਵੇਗਾ। ਸਾਰੇ DCs ਨੂੰ ਵੀ ਮੰਡੀਆਂ ‘ਚ ਤਿਆਰੀਆਂ ਦਾ ਜਾਇਜ਼ਾ ਲੈਣ ਨੂੰ ਕਿਹਾ ਗਿਆ ਹੈ।”
“ਕਿਸਾਨਾਂ ਦੇ ਨਾਲ ਨਾਲ ਸ਼ੈਲਰ ਵਾਲਿਆਂ ਤੇ ਆੜ੍ਹਤੀਆਂ ਨੂੰ ਵੀ ਕੋਈ ਸਮੱਸਿਆ ਨਹੀਂ ਆਵੇਗੀ।ਕਿਸਾਨਾਂ ਦੀ ਫ਼ਸਲ ਮੰਡੀਆਂ ‘ਚ ਆਉਂਦੇ ਹੀ ਅਦਾਇਗੀ ਕੀਤੀ ਜਾਵੇਗੀ।”
“ਅਸੀਂ ਹਮੇਸ਼ਾ ਪੰਜਾਬ ਦੇ ਨਾਲ ਹਾਂ।”
ਇਸ ਮੀਟਿੰਗ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਲਾਲ ਚੰਦ ਕਟਾਰੂਚੱਕ ਵੀ ਮੌਯੂਦ ਰਹੇ।