ਖਨੌਰੀ – ਭਾਰਤ ਦੀ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਮਨਵਾਉਣ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 13ਵੇਂ ਦਿਨ ਵੀ ਜਾਰੀ ਰਿਹਾ। ਬਜ਼ੁਰਗ ਕਿਸਾਨ ਆਗੂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਅੱਜ ਇਕ ਵਾਰ ਫਿਰ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਦਾ ਮੁਆਇਨਾ ਕੀਤਾ ਗਿਆ । ਡਾਕਟਰਾਂ ਮੁਤਾਬਕ ਉਨ੍ਹਾਂ ਦਾ ਹੁਣ ਤੱਕ 8 ਕਿਲੋ ਤੋਂ ਜ਼ਿਆਦਾ ਵਜ਼ਨ ਘੱਟ ਚੁੱਕਿਆ ਹੈ। ਉਨ੍ਹਾ ਦੇ ਸਰੀਰ ਵਿੱਚ ਪਾਣੀ ਦੀ ਘਾਟ ਪੈਦਾ ਹੋ ਗਈ ਹੈ ਜਿਸਦਾ ਭੈੜਾ ਅਸਰ ਉਨ੍ਹਾਂ ਦੇ ਗੁਰਦਿਆਂ ਉੱਪਰ ਪੈ ਰਿਹਾ ਹੈ।ਡੱਲੇਵਾਲ ਦੀ ਦੇਖਭਾਲ ਕਰ ਰਹੇ ਡਾਕਟਰ ਫ਼ਿਕਰਮੰਦ ਹਨ ਪਰ ਕਿਸਾਨ ਆਗੂ ਦਾ ਹੌਸਲਾ ਬੁਲੰਦ ਹੈ।
ਕਿਸਾਨ ਆਗੂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇਸ ਜਹਾਨ ਤੋਂ ਰੁਖਸਤ ਹੋਣ ਮਗਰੋਂ ਵੀ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਕਿਸਾਨੀ ਸੰਘਰਸ਼ ਜਾਰੀ ਰਹਿਣਾ ਚਾਹੀਦਾ ਹੈ। ਜਿਉਂ-ਜਿਉਂ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ ਤਿਉਂ-ਤਿਉਂ ਉਨ੍ਹਾਂ ਦਾ ਹਾਲ ਪੁੱਛਣ ਲਈ ਆਉਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ।ਖਨੌਰੀ ਬਾਰਡਰ ‘ਤੇ ਬੈਠੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਡੱਲੇਵਾਲ ਦੇ ਜਿਉਂਦੇ-ਜੀਅ ਮੰਨੀਆਂ ਮੰਗਾਂ ਲਾਗੂ ਕਰ ਦੇਣੀਆਂ ਚਾਹੀਦੀਆਂ ਹਨ , ਭਾਣਾ ਵਾਪਰ ਜਾਣ ਮਗਰੋਂ ਮੜ੍ਹੀਆਂ ‘ਤੇ ਮੇਲੇ ਲਾਉਣ ਦਾ ਕੋਈ ਫਾਇਦਾ ਨਹੀਂ ਹੋਣਾ।