ਲੁਧਿਆਣਾ- ਲੁਧਿਆਣਾ ਜ਼ਿਲ੍ਹੇ ਦੇ ਘੁੰਗਰਾਲੀ ਰਾਜਪੂਤਾਂ ਪਿੰਡ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ‘ਤੇ ਜਨਮ ਲੈਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਥੋਂ ਦੀ ਧਰਤੀ ਦੁਨੀਆ ਦੀ ਸਭ ਤੋਂ ਉਪਜਾਊ ਧਰਤੀ ਹੈ।
ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ ਇੰਨੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਪੁਲਿਸ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਕਮੀ ਦੂਰ ਕਰਨ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਸਿਪਾਹੀ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਆਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਵੱਲੋਂ ਅਪਲਾਈ ਕਰਨ ਦੀ ਸੰਭਾਵਨਾ ਹੈ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆ ਪਾਸ ਕਰਨ ਲਈ ਅਕਾਦਮਿਕ ਦੇ ਨਾਲ-ਨਾਲ ਆਪਣੀ ਸਰੀਰਕ ਯੋਗਤਾ ਨੂੰ ਸੁਧਾਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੀਂ ਭਰਤੀ ਕਰਨ ਦਾ ਫ਼ੈਸਲਾ ਵੀ ਕੀਤਾ ਹੈ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।
ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਕਰਵਾਏ ਗਏ 38ਵੇਂ ਸ਼ਾਨਦਾਰ ਖੇਡ ਮੇਲੇ ‘ਚ ਪਹੁੰਚੇ ਮੁੱਖ ਮੰਤਰੀ ਮਾਨ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਪ੍ਰੋਗਰਾਮ ਬਹੁਤ ਅਹਿਮ ਰੋਲ ਅਦਾ ਕਰਦੇ ਹਨ। ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ‘ਚੋਂ ਕੱਢਣ ਲਈ ਰੁਜ਼ਗਾਰ ਤੋਂ ਬਾਅਦ ਖੇਡਾਂ ਹੀ ਨੇ ਜੋ ਉਹਨਾਂ ਨੂੰ ਸਿੱਧੇ ਰਾਹ ਪਾ ਸਕਦੀਆਂ ਹਨ। ਸਰਕਾਰ ਵੱਲੋਂ ਖੇਡ ਕਲਚਰ ਨੂੰ ਪੰਜਾਬ ‘ਚ ਪ੍ਰਫੁੱਲਿਤ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਨੇ। ਪੰਜਾਬ ਨੂੰ ਮੁੜ ਤੋਂ ਹੱਸਦਾ-ਖੇਡਦਾ ਬਣਾ ਰਹੇ ਹਾਂ।
ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਆਮ ਆਦਮੀ ਕਲੀਨਿਕ, ਸੋਲਰ ਲਾਈਟਾਂ ਲਗਾਉਣ, ਕਮਿਊਨਿਟੀ ਹਾਲ ਦੀ ਉਸਾਰੀ, ਵਾਟਰ ਟ੍ਰੀਟਮੈਂਟ ਪਲਾਂਟ ਅਤੇ ਹੋਰ ਕਈ ਵਿਕਾਸ ਕਾਰਜਾਂ ਲਈ ਇੱਕ ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ ।
Comments