ਤਲਵੰਡੀ ਸਾਬੋ- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਦਰਦ ਫ਼ਰੋਲਿਆ ਹੈ। ਭਰੇ ਮਨ ਨਾਲ ਆਪਣੇ ਦਿਲੀ ਵਲਵਲੇ ਸਾਂਝੇ ਕਰਦਿਆਂ ਉਹਨਾਂ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਸਿੱਖ ਕੌਮ ਦੇ ਨਾਂ ਆਪਣੇ ਸੰਬੋਧਨ ਵਿੱਚ ਉਹਨਾਂ ਕਿਹਾ, “ਮੇਰੀ ਜਾਤ ਪਰਖ਼ੀ ਜਾ ਰਹੀ ਹੈ। ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਮੇਰੇ ਪਰਿਵਾਰ ਦੇ ਪਿੱਛੇ ਪੈ ਗਿਆ ਹੈ। ਮੈਂ ਜਥੇਦਾਰ ਹੋਣ ਦੇ ਨਾਲ ਨਾਲ ਧੀਆਂ ਦਾ ਬਾਪ ਵੀ ਹਾਂ। ਮੈਨੂੰ ਅਤੇ ਮੇਰੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।”
ਉਹਨਾਂ ਹਾਲ ਹੀ ਵਿੱਚ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਆਗੂ ਵਿਰਸਾ ਸਿੰਘ ਵਲਟੋਹਾ ਉੱਪਰ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਦੇ ਇਲਜ਼ਾਮ ਲਗਾਏ ਹਨ। ਵਲਟੋਹਾ ਵੱਲੋਂ ਉਨ੍ਹਾਂ ਨੂੰ ਆਰ.ਐੱਸ.ਐੱਸ. ਨਾਲ ਜੋੜਨ ਬਾਰੇ ਗੱਲ ਦਾ ਹਵਾਲਾ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਆਰ.ਐੱਸ.ਐੱਸ. ਦੇ ਦੱਲੇ’ ਵਰਗੇ ਨਾਪਾਕ ਇਲਜ਼ਾਮ ਲਾਉਣ ਦੀ ਕੋਸ਼ਿਸ਼ ਅਸਫ਼ਲ ਰਹਿਣ ਤੋਂ ਬਾਅਦ ਵਲਟੋਹਾ ਹੁਣ ਘਟੀਆ ਦਰਜੇ ਦੀਆਂ ਹਰਕਤਾਂ ਕਰ ਰਿਹਾ ਹੈ।
ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮੇਟੀ ਨੇ ਉਨ੍ਹਾਂ ਨੂੰ ਪੜ੍ਹਾਇਆ, ਮੁਕਤਸਰ ਸਾਹਿਬ ਦਾ ਹੈੱਡ ਗ੍ਰੰਥੀ ਲਗਾਇਆ, ਅਕਾਲ ਤਖ਼ਤ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਸੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਣਾਉਣ ਸਮੇਂ ਪੰਥਕ ਜਥੇਬੰਦੀਆਂ, ਸੰਪਦਾਵਾਂ ਅਤੇ ਸਿੰਘ ਸਭਾਵਾਂ ਨੇ ਜੋ ਪੱਗ ਮੇਰੇ ਸਿਰ ’ਤੇ ਰੱਖੀ ਸੀ ਉਸਨੂੰ ਮੈਂ ਬੇਦਾਗ ਆਪਣੇ ਘਰ ਲੈ ਕੇ ਜਾ ਰਿਹਾ ਹਾਂ ਅਤੇ ਮੈਨੂੰ ਤਸੱਲੀ ਹੈ ਕਿ ਮੈਂ ਇਸ ਪੱਗ ਨੂੰ ਕੋਈ ਦਾਗ ਨਹੀਂ ਲੱਗਣ ਦਿੱਤਾ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅਕਾਲ ਤਖ਼ਤ ਸਾਹਿਬ ‘ਤੇ ਹੋਈ ਜਥੇਦਾਰ ਸਾਹਿਬਾਨ ਦੀ ਇੱਕ ਮੀਟਿੰਗ ਵਿੱਚ ਵਿਰਸਾ ਸਿੰਘ ਵਲਟੋਹਾ ਨੂੰ ਦਸ ਸਾਲ ਲਈ ਅਕਾਲੀ ਦਲ ਤੋਂ ਬਾਹਰ ਕੱਢਣ ਦਾ ਫ਼ੈਸਲਾ ਸੁਣਾਇਆ ਗਿਆ ਹੈ।
ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਨਾ ਕਰਨ ਦੇ ਆਦੇਸ਼ ਦਿੱਤੇ ਹਨ। ਉਹਨਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਇੱਕਮੁਠਤਾ ਦਾ ਪ੍ਰਗਟਾਵਾ ਕਰਦਿਆ ਕਿਹਾ ਕੇ ਜੇਕਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਉਹ ਵੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਛੱਡਣ ਲਈ ਮਜ਼ਬੂਰ ਹੋਣਗੇ।