ਸਿਰਸਾ,ਹਰਿਆਣਾ- ਹਰਿਆਣਾ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਇੰਡੀਆਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ । ਉਨ੍ਹਾਂ ਨੇ ਗੁਰੂਗ੍ਰਾਂਮ ਵਿੱਚ ਆਪਣੀ ਆਖਰੀ ਸਾਹ ਲਏ। ਚੌਟਾਲਾ ਲੰਬੇ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ।
ਓਮ ਪ੍ਰਕਾਸ਼ ਚੌਟਾਲਾ ਦਾ ਰਾਜਨੀਤਿਕ ਸਫਰ ਬਹੁਤ ਹੀ ਪ੍ਰਭਾਵਸ਼ਾਲੀ ਰਿਹਾ ਹੈ। ਉਨ੍ਹਾਂ ਨੇ ਹਰਿਆਣਾ ਦੀ ਰਾਜਨੀਤੀ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਅਤੇ ਲੋਕਾਂ ਵਿੱਚ ਕਾਫੀ ਲੋਕਪ੍ਰਿਯ ਰਹੇ। ਉਨ੍ਹਾਂ ਦੀ ਮਿਹਨਤ ਅਤੇ ਲਗਨ ਨੂੰ ਇਸ ਗੱਲ ਨਾਲ ਸਮਝਿਆ ਜਾ ਸਕਦਾ ਹੈ ਕਿ ਉਨ੍ਹਾਂ ਨੇ 87 ਸਾਲ ਦੀ ਉਮਰ ਵਿੱਚ 10ਵੀਂ ਅਤੇ 12ਵੀਂ ਦੀ ਪਰੀਖਿਆ ਪਾਸ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਹਰਿਆਣਾ ਵਿੱਚ ਅਧਿਆਪਕਾਂ ਦੀ ਭਰਤੀ ਦੇ ਘੁਟਾਲੇ ਵਿੱਚ ਉਨ੍ਹਾਂ ਨੂੰ ਜੇਲ੍ਹ ਯਾਤਰਾ ਵੀ ਕਰਨੀ ਪਈ ਸੀ ।
ਓਮ ਪ੍ਰਕਾਸ਼ ਚੌਟਾਲਾ ਦੀ ਮ੍ਰਿਤਕ ਦੇਹ ਨੂੰ ਸ਼ਨੀਵਾਰ ਸਵੇਰੇ 8 ਵਜੇ ਤੋਂ ਚੌਟਾਲਾ ਪਿੰਡ ਸਥਿਤ ਉਨ੍ਹਾਂ ਦੇ ਫਾਰਮ ਹਾਊਸ ‘ਚ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ ਅਤੇ ਬਾਅਦ ਦੁਪਹਿਰ 3 ਵਜੇ ਪਿੰਡ ਚੌਟਾਲਾ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਓਮ ਪ੍ਰਕਾਸ਼ ਚੌਟਾਲਾ ਦੀ ਬਾਦਲ ਪਰਿਵਾਰ ਨਾਲ ਨੇੜਤਾ ਜੱਗ ਜ਼ਾਹਰ ਰਹੀ ਹੈ , ਉਨ੍ਹਾਂ ਦੇ ਦਿਹਾਂਤ ‘ਤੇ ਅਕਾਲੀ ਆਗੂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ । ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ, “ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਸਦੀਵੀਂ ਵਿਛੋੜਾ ਬਹੁਤ ਦੁਖਦਾਈ ਹੈ। ਉਹ ਦੂਰ ਅੰਦੇਸ਼ੀ ਸੋਚ ਦੇ ਧਾਰਨੀ ਸਨ ਜਿਹਨਾਂ ਨੇ ਹਮੇਸ਼ਾ ਸਮਾਜ ਦੀ ਬੇਹਤਰੀ ਲਈ ਕੰਮ ਕੀਤਾ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”