ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਤੋਂ ਬਾਅਦ ਪੰਜਾਬ ਵਿੱਚ ਹੁਣ ਪੰਚਾਇਤ ਚੋਣਾਂ ਤੋਂ ਮਗਰੋਂ ਨਗਰ ਕੌਂਸਲਾਂ ਅਤੇ ਨਿਗਮ ਚੋਣਾਂ ਕਰਵਾਏ ਜਾਣ ਲਈ ਰਾਹ ਪੱਧਰਾ ਹੋ ਗਿਆ ਹੈ। ਹਾਈਕੋਰਟ ਨੇ ਰਾਜ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਆਦੇਸ਼ ਦਿੱਤੇ ਹਨ ਕਿ ਸੂਬੇ ਅੰਦਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ-ਪੰਚਾਇਤਾਂ ਦੀਆਂ ਪੈਂਡਿੰਗ ਚੱਲੀਆਂ ਆ ਰਹੀਆਂ ਚੋਣਾਂ ਬਾਬਤ ਨੋਟੀਫੀਕੇਸ਼ਨ 15 ਦਿਨਾਂ ਦੇ ਅੰਦਰ ਅੰਦਰ ਜਾਰੀ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਰਾਜ ਸਰਕਾਰ ਨੂੰ ਹੁਣ ਅੰਮ੍ਰਿਤਸਰ, ਜਲੰਧਰ, ਪਟਿਆਲਾ, ਲੁਧਿਆਣਾ ਅਤੇ ਫ਼ਗਵਾੜਾ ਨਗਰ ਨਿਗਮ ਦੀਆਂ ਚੋਣਾਂ ਤੋਂ ਇਲਾਕਾ 42 ਨਗਰ ਕੌਂਸਲਾਂ ਜਾਂ ਫ਼ਿਰ ਨਗਰ ਪੰਚਾਇਤਾਂ ਦੀਆਂ ਲੰਬਿਤ ਚੋਣਾਂ ਲਈ 15 ਦਿਨ ਦੇ ਅੰਦਰ-ਅੰਦਰ ਚੋਣਾਂ ਕਰਵਾਉਣ ਸੰਬੰਧੀ ਨੋਟੀਫੀਕੇਸ਼ਨ ਜਾਰੀ ਕਰਨਾ ਹੋਵੇਗਾ।
ਯਾਦ ਰਹੇ ਕਿ ਸਥਾਨਕ ਸਰਕਾਰਾਂ ਦੀਆਂ ਉਕਤ ਲੰਬਿਤ ਚੋਣਾਂ ਕਰਵਾਉਣ ਨੂੰ ਲੈ ਕੇ 2 ਪੀ.ਆਈ.ਐੱਲ. ਹਾਈਕੋਰਟ ਵਿੱਚ ਪਾਈਆਂ ਗਈਆਂ ਸਨ ਜਿਨ੍ਹਾਂ ਦਾ ਨਿਪਟਾਰਾ ਕਰਦਿਆਂ ਹਾਈਕੋਰਟ ਨੇ ਅਹਿਮ ਫ਼ੈਸਲਾ ਸੁਣਾਇਆ ਹੈ।ਹਾਈਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਰਾਜ ਅੰਦਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਰਾਹ ਪੱਧਰਾ ਹੋ ਗਿਆ ਹੈ।