ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਦੌਰੇ ‘ਤੇ ਆਏ ਰਾਵੀ-ਬਿਆਸ ਜਲ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਪੀ ਨਵੀਨ ਰਾਓ, ਜਸਟਿਸ ਸੁਮਨ ਸ਼ਿਆਮ ਅਤੇ ਰਜਿਸਟਰਾਰ ਰੀਟਾ ਚੋਪੜਾ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਉਹਨਾਂ ਸਾਹਮਣੇ ਹੋਰਨਾਂ ਸੂਬਿਆਂ ਨਾਲ ਪਾਣੀ ਦੀ ਸਾਂਝ ਨੂੰ ਲੈ ਕੇ ਆਪਣਾ ਪੱਖ ਰੱਖਿਆ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆ ਸਰੋਤ ਸੁੱਕ ਚੁੱਕੇ ਹਨ, ਇਸ ਲਈ ਪੰਜਾਬ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ। ਮੁਲਾਕਾਤ ਦੌਰਾਨ ਪੰਜਾਬ ਦੇ ਮਿਹਨਤੀ ਕਿਸਾਨਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਪਾਣੀ ਦੀ ਘਾਟ ਹੋਣ ਦੇ ਬਾਵਜੂਦ ਵੀ ਅਸੀਂ ਦੂਜੇ ਸੂਬਿਆਂ ਲਈ ਅਨਾਜ ਪੈਦਾ ਕਰਕੇ ਦੇ ਰਹੇ ਹਾਂ ਤਾਂ ਜੋ ਪੂਰੇ ਦੇਸ਼ ਨੂੰ ਅੰਨ ਦੀ ਕੋਈ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾ ਰਾਵੀ ਜਲ ਪ੍ਰਣਾਲੀ ਨੂੰ ਵਾਚਣ ਆਏ ਟ੍ਰਿਬਿਊਨਲ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪਾਣੀ ਦੀ ਬੱਚਤ ਕਰਨ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਜ਼ਮੀਨਦੋਜ਼ ਪਾਈਪਾਂ ਪਾਈਆਂ ਗਈਆਂ ਹਨ। ਸਾਡੀ ਸਰਕਾਰ ਵੱਲੋਂ ਕੀਤੇ ਕਾਰਜਾਂ ਸਦਕਾ ਨਹਿਰੀ ਪਾਣੀ ਨਾਲ ਸਿੰਚਾਈ ਹੇਠ ਰਕਬਾ ਵਧਿਆ ਹੈ। ਉਨ੍ਹਾ ਇੱਕ ਵਾਰ ਫਿਰ ਦੁਹਰਾਇਆ ਕਿ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ।
Comments