ਅੰਮ੍ਰਿਤਸਰ- ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਉ ਅੰਬੇਦਕਰ ਦਾ ਬੁੱਤ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਭਾਂਵੇ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰੰਤੂ ਗਣਤੰਤਰ ਦਿਵਸ ਮੌਕੇ ਵਾਪਰੀ ਇਸ ਘਟਨਾ ਤੋਂ ਬਾਅਦ ਸਿਆਸੀ ਦੂਸਣਬਾਜ਼ੀ ਰੁਕਣ ਦਾ ਨਾਮ ਨਹੀਂ ਲੈ ਰਹੀ। ਭਾਜਪਾ ਆਗੂ ਵਿਜੇ ਸਾਂਪਲਾ ਨੇ ਇਸ ਘਟਨਾ ਨੂੰ ਫਿਰਕੂ ਰੰਗਤ ਦੇਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਸ ਨੂੰ ਹਰਿਮੰਦਰ ਸਾਹਿਬ ਗਲਿਆਰੇ ਨਾਲ ਜੋੜਦਿਆਂ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲੋਂ ਸਪਸ਼ਟੀਕਰਨ ਦੀ ਮੰਗ ਕੀਤੀ। ਜਿਸ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, “ਸਾਬਕਾ ਸਾਂਸਦ ਸ੍ਰੀ ਵਿਜੇ ਸਾਂਪਲਾ ਵੱਲੋਂ ਸ੍ਰੀ ਅੰਮ੍ਰਿਤਸਰ ਵਿਖੇ ਕੋਤਵਾਲੀ ਨਜ਼ਦੀਕ ਲੱਗੇ ਡਾ. ਬੀ ਆਰ ਅੰਬੇਡਕਰ ਜੀ ਦੇ ਬੁੱਤ ਨਾਲ ਕਿਸੇ ਵਿਅਕਤੀ ਵੱਲੋਂ ਛੇੜਛਾੜ ਕਰਨ ਦੀ ਕੀਤੀ ਹਰਕਤ ’ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਨਾਲ ਜੋੜਨਾ ਬਿਲਕੁਲ ਗਲਤ ਹੈ। ਇਹ ਬੁੱਤ ਪਾਰਟੀਸ਼ੀਸ਼ਨ ਮਿਊਜ਼ਿਅਮ ਅਤੇ ਕੋਤਵਾਲੀ ਦੇ ਨਜ਼ਦੀਕ ਪੈਂਦਾ ਹੈ ਜਿੱਥੇ ਹਰ ਤਰ੍ਹਾਂ ਦੀ ਜਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੈ। ਭਾਵੇਂ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਗਲਿਆਰਾ ਇਲਾਕਾ ਵੀ ਸਰਕਾਰੀ ਪ੍ਰਬੰਧਾਂ ਹੇਠ ਹੈ ਪਰੰਤੂ ਬੁੱਤ ਤਾਂ ਉੱਥੋਂ ਕਰੀਬ ਇੱਕ ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਹੈ। ਸਿੱਖ ਸੰਸਥਾ ਡਾ. ਅੰਬੇਡਕਰ ਜੀ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਵੀ ਨਿੰਦਾ ਕਰਦੀ ਹੈ। ਪਰੰਤੂ ਸ੍ਰੀ ਵਿਜੇ ਸਾਂਪਲਾ ਵੱਲੋਂ ਇਸ ਘਟਨਾ ਨੂੰ ਸ੍ਰੀ ਹਰਿਮੰਦਰ ਸਾਹਿਬ ਨਾਲ ਜੋੜ ਕੇ ਸਵਾਲ ਕਰਨੇ ਸੰਗਤ ਅਤੇ ਲੋਕਾਂ ਵਿੱਚ ਭੁਲੇਖਾ ਪੈਦਾ ਕਰਨ ਦੀ ਹਰਕਤ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਅਜਿਹੀ ਮਨਘੜਤ ਬਿਆਨਬਾਜ਼ੀ ਅਤੇ ਇਲਜ਼ਾਮਬਾਜ਼ੀ ਠੀਕ ਨਹੀਂ ਹੈ ਇਸ ਲਈ ਸ੍ਰੀ ਸਾਂਪਲਾ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ, ਕਿਉਂਕਿ ਸੰਗਤ ਅੰਦਰ ਕਿਸੇ ਵੀ ਤਰ੍ਹਾਂ ਦਾ ਭੁਲੇਖਾ ਬਣਿਆ ਰਹਿਣਾ ਠੀਕ ਨਹੀਂ ਹੈ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਸਪਸ਼ਟੀਕਰਨ ਦੀ ਗੱਲ ਕਰਨੀ ਵੀ ਉਚਿਤ ਨਹੀਂ ਹੈ।”
ਅਕਾਲੀ ਦਲ ਦੀ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਘਟਨਾ ਪੰਜਾਬ ਦੀ ਸਦਭਾਵਨਾ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਹੈ।ਅਕਾਲੀ ਦਲ ਨੇ ਪੰਜਾਬ ਦੀ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਵਾਲੀ ਇਸ ਸਾਜਿਸ਼ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਰੋਧੀ ਧਿਰ ਵਿਹਲੀ ਬੈਠੀ ਹੈ। ਉਹ ਹੀ ਅਜਿਹਾ ਕਾਰਾ ਕਰਵਾ ਸਕਦੀ ਹੈ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
Comments