ਸ੍ਰੀ ਅੰਮ੍ਰਿਤਸਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅੱਜ ਅੰਮ੍ਰਿਤਸਰ ਸਾਹਿਬ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੈਤਿਕ ਤੌਰ ‘ਤੇ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਅਕਾਲੀ ਦਲ ਦੀ ਭਰਤੀ ਕਰਵਾਉਣ ਲਈ ਬਣਾਈ ਗਈ 7 ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਫਾਰਗ ਕੀਤਾ ਜਾਵੇ।
ਐਡਵੋਕੇਟ ਧਾਮੀ ਦਾ ਇਹ ਅਸਤੀਫਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਤੋਂ ਕੁਝ ਦਿਨ ਬਾਅਦ ਦਿੱਤਾ ਗਿਆ ਹੈ।
ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਧਾਮੀ ਨੇ ਕਿਹਾ, ”ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਬਾਰੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ਪੋਸਟ ਪਾਕੇ ਨਿੰਦਾ ਕੀਤੀ। ਜਿਸ ਦੀ ਮੈਂ ਨੈਤਿਕ ਤੌਰ ਉੱਤੇ ਜਿੰਮੇਵਾਰੀ ਲੈਂਦਾ ਹਾਂ। ਭਾਵੇਂ ਕਿ ਇਹ ਫੈਸਲਾ ਕਾਰਜਕਾਰਨੀ ਦੇ 14 ਮੈਂਬਰਾਂ ਨਾਲ ਚਰਚਾ ਤੋਂ ਬਾਅਦ ਲਿਆ ਗਿਆ ਸੀ।”
ਉਨ੍ਹਾਂ ਕਿਹਾ ਕਿ ਧਾਮੀ ਵਰਗੇ ਆਂਉਦੇ ਜਾਂਦੇ ਰਹਿਣਗੇ, ਸਾਡੀਆਂ ਜਥੇਬੰਦੀਆਂ ਕਮਜ਼ੋਰ ਨਹੀਂ ਹੋਣੀਆਂ ਚਾਹੀਦੀਆਂ।
“ਸ. ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ”- ਗਿਆਨੀ ਹਰਪ੍ਰੀਤ ਸਿੰਘ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਮਗਰੋਂ ਪ੍ਰਤੀਕਰਮ ਪ੍ਰਗਟਾਉਂਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, “ ਸ਼੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਨੇਤਾਵਾਂ ਵਲੌਂ ਅਪਣੀਆਂ ਨਿਜੀ ਲਾਲਸਾਵਾਂ ਦੀ ਪੂਰਤੀ ਹਿਤ, ਇਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰ ਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰਾਂ ਬਣਾਇਆ ਜਾਂਦਾ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ। ਹੇ ਅਕਾਲ ਪੁਰਖ ਜੀ ! ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ ਤੇ ਮਿਹਰ ਭਰਿਆ ਹੱਥ ਰੱਖੋ।”
Comments