ਨਵੀਂ ਦਿੱਲੀ – ਅਮਰੀਕਾ ਤੋਂ ਭਾਰਤੀਆਂ ਨੂੰ ਵਾਪਸ ਭੇਜਣ ਦੇ ਮੁੱਦੇ ਨੂੰ ਲੈ ਕੇ ਭਾਰਤੀ ਸਿਆਸਤ ਗਰਮਾ ਗਈ ਹੈ, ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸੱਤਾਧਾਰੀ ਭਾਜਪਾ ਸਰਕਾਰ ਨੂੰ ਘੇਰਿਆ ਹੈ । ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਮਰੀਕਾ ਤੋਂ ਵਾਪਸ ਭੇਜੇ NRIs ਦੇ ਮੁੱਦੇ ‘ਤੇ ਕਿਹਾ ਕਿ ਅਸੀਂ ਕਿਸੇ ਵੀ ਗੈਰ-ਕਾਨੂੰਨੀ ਪ੍ਰਵਾਸ ਦਾ ਸਮਰਥਨ ਨਹੀਂ ਕਰਦੇ। ਅਸੀਂ ਦੇਸ਼ ਨਿਕਾਲੇ ਦੇ ਮੁੱਦੇ ‘ਤੇ ਅਮਰੀਕੀ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹਾਂ।
ਰਾਜ ਸਭਾ ਵਿੱਚ ਬੋਲਦਿਆਂ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ , “ਡਿਪੋਰਟ ਹੋਣ ਦੀ ਪ੍ਰਕਿਰਿਆ ਕੋਈ ਨਵੀਂ ਨਹੀਂ ਹੈ। ਇਹ ਕਈ ਸਾਲਾਂ ਤੋਂ ਹੁੰਦਾ ਆ ਰਿਹਾ ਹੈ। 2009 ਤੋਂ ਅਮਰੀਕਾ ਨੇ ਜੋ ਭਾਰਤੀ ਨਾਗਰਿਕ ਡਿਪੋਰਟ ਕੀਤੇ ਹਨ, ਮੈਂ ਉਨ੍ਹਾਂ ਬਾਰੇ ਜਾਣਕਾਰੀ ਦੇ ਰਿਹਾ ਹਾਂ।” ਉਨ੍ਹਾਂ ਕਿਹਾ ਕਿ ਡਿਪੋਰਟ ਕੀਤੇ ਜਾਣ ਦਾ ਇਹ ਤਰੀਕਾ 2012 ਤੋਂ ਚੱਲਦਾ ਆ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀਆਂ ਨੂੰ ਹੱਥਕੜੀਆਂ ਲਗਾ ਕੇ ਭੇਜਣ ਦੀ ਨਿੰਦਾ ਕੀਤੀ ਹੈ।
ਭਗਵੰਤ ਮਾਨ ਨੇ ‘X’ ਉੱਪਰ ਲਿਖਿਆ, ”ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ। ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ। ਮਾਨਸਿਕ ਅਤੇ ਆਰਥਿਕ ਤੌਰ ‘ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵਲੋਂ ਪੁਲਿਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ ‘ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।”
ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨੇ ਟਰੰਪ ਅਤੇ ਮੋਦੀ ਦੀ ਮਿੱਤਰਤਾ ਦਾ ਹਵਾਲਾ ਦਿੰਦਿਆਂ ਪ੍ਰਧਾਨ ਮੰਤਰੀ ਕੋਲੋਂ ਜੁਆਬ ਮੰਗਿਆ ਹੈ। ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਰਣਦੀਪ ਸੂਰਜੇਵਾਲਾ ਨੇ ਵੀ ਭਾਰਤੀ ਨਾਗਰਿਕਾਂ ਨੂੰ ਜ਼ੰਜੀਰਾਂ ਨਾਲ ਜਕੜ ਕੇ ਭੇਜੇ ਜਾਣ ਦੇ ਤਰੀਕੇ ਦੀ ਨਿਖੇਧੀ ਕੀਤੀ ਹੈ ।
ਪੰਜਾਬ ਤੋਂ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਕਿਹਾ, “ਇਹ ਅਮਰੀਕਾ(USA) ਵੱਲੋਂ ਭਾਰਤੀਆਂ ਨੂੰ ਦੇਸ਼ ਵਿੱਚੋ ਡਿਪੋਰਟ ਨਹੀਂ ਕੀਤਾ ਸਗੋਂ ਸਾਡੇ ਦੇਸ਼ ਦਾ ਅਪਮਾਨ ਕੀਤਾ ਹੈ। ਕੀ PM ਮੋਦੀ ਅਤੇ CM ਭਗਵੰਤ ਮਾਨ ਸਾਡੇ ਨਾਗਰਿਕਾਂ ਨਾਲ ਹੁੰਦੇ ਅਣਮਨੁੱਖੀ ਸਲੂਕ ਨੂੰ ਰੋਕਣ ਲਈ ਕੁਝ ਕਰਨਗੇ?”
ਭਾਰਤੀ ਨਾਗਰਿਕਾਂ ਨੂੰ ਜ਼ਲੀਲ ਕਰਕੇ ਭੇਜੇ ਜਾਣ ਦੇ ਮੁੱਦੇ ‘ਤੇ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਦਿਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਹੱਥਾਂ ਨੂੰ ਹੱਥਕੜੀਆਂ ਲਗਾ ਕੇ ਹੰਗਾਮਾ ਖੜ੍ਹਾ ਕੀਤਾ। ਰਾਹੁਲ ਗਾਂਧੀ ਅਤੇ ਅਖਿਲੇਸ਼ ਯਾਦਵ ਨੇ ਮੋਦੀ ਸਰਕਾਰ ਕੋਲੋਂ ਜੁਆਬਤਲਬੀ ਕੀਤੀ ।
ਦੱਸਣਯੋਗ ਹੈ ਕਿ ਅਮਰੀਕਾ ਨੇ ਆਪਣੇ ਇੱਕ ਫੌਜੀ ਜਹਾਜ਼ ਰਾਹੀਂ 104 ਪ੍ਰਵਾਸੀ ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਿਆ ਹੈ। ਇਹ ਭਾਰਤੀ ਅਮਰੀਕਾ ਵਿੱਚ ਨਜ਼ਾਇਜ਼ ਤਰੀਕੇ ਵਰਤ ਕੇ ਦਾਖ਼ਲ ਹੋਣ ਮੌਕੇ ਫੜ੍ਹੇ ਗਏ ਸਨ।
Comments